ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ ਪੰਜਾਬੀ ਵਿਆਖਿਆ: ਸਲੋਕ ਮਃ ੨ ॥ ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹ...